ਸੁਖਦੇਵ ਸਿੱਧੂ        ਪਾਸ਼  ਨੂੰ ਮੈਂ ਉਦੋਂ ਤੋਂ ਜਾਣਦਾ ਹਾਂ , ਜਦੋਂ ਮੈਨੂੰ ਪਤਾ ਵੀ ਨਹੀਂ ਸੀ ਕਿ ਇਹੀ ਪਾਸ਼ ਸੀ  ਜਾਂ ਇਹਦੀ ਹਸਤੀ ਕੀ ਸੀ। ਨਾ ਹੀ ਪੰਜਾਬੀ ਸਾਹਿਤ ਨਾਲ ਇਹਦੇ ਲਾਗੇ ਦੇਗੇ ਜਾਂ ਰੁਤਬੇ ਦੀ  ਖ਼ਬਰ ਸੀ। 1972 ਦੀ ਮੋਗਾ ਐਜੀਟੇਸ਼ਨ ਤੋਂ ਬਾਅਦ ਜਦ ਕਾਲਜ ਮੁਡ਼ ਕੇ ਖੁੱਲ੍ਹ ਗਏ ਸੀ,  ਮੇਰੇ ਪਿੰਡਾਂ ਵੱਲ ਦੇ ਮੁੰਡੇ ਪਾਸ਼ ਦੀਆਂ ਗੱਲਾਂ ਬਡ਼ੇ ਉਮਾਹ ਨਾਲ ਕਰਿਆ ਕਰਦੇ ਸੀ।  ਇਹਦੀ ਕਵਿਤਾ ਦੀਆਂ, ਨਕਸਲਬਾਡ਼ੀ ਹੋਣ ਦੀਆਂ, ਸਮਾਜ ਵਿਚਲੀਆਂ ਬੁਰਾਈਆਂ ਨਾਲ ਇੱਟ  ਖਡ਼ਿੱਕੇ ਲੈਣ ਦੀਆਂ। ਇਹਦੇ ਹੌਂਸਲੇ ਤੇ ਗਰਮ ਖ਼ਿਆਲਾਂ ਦੇ ਹਵਾਲੇ ਚਾਅ ਨਾਲ਼ ਦਿੰਦੇ।  ਬਡ਼ੀਆਂ ਕਹਾਣੀਆਂ ਬਣਾਈਆਂ-ਸੁਣਾਈਆਂ ਜਾਂਦੀਆਂ; ਸ਼ਾਇਦ ਕੁਝ ਵਧਾ ਘਟਾ ਕੇ ਵੀ। ਹਾਣੀ  ਪਾਡ਼੍ਹੇ ਮੈਨੂੰ ਪਾਸ਼ ਦਾ ਹੁਲੀਆ ਹਵਾਲ ਦੱਸਦੇ: ਬਿੱਲੀਆਂ ਅੱਖਾਂ, ਕੁੰਡਲ਼ਾਂ ਵਾਲੇ  ਵਾਲ਼, ਦਰਮਿਆਨਾ ਕੱਦ, ਕਾਮਰੇਡੀ ਤਕਰੀਰਾਂ ਤੇ ਖਡ਼ਕੇ ਦਡ਼ਕੇ ਵਾਲੀ ਤੇ ਦਬੰਗ ਮੂੰਹ-ਫੱਟ  ਕਵਿਤਾ। ਵਿਚ ਵਿਚ ਕਵਿਤਾ ਦੇ ਟੋਟਕੇ ਵੀ ਸੁਣਾ ਦਿੰਦੇ। ਚਡ਼੍ਹਦੀ ਜੁਆਨੀ ਦਾ ਲਾਡਲਾ ਕਵੀ  ਸੀ – ਪਾਸ਼। ਉਹ ਦੱਸਦੇ ਕਿ ਇਹ ਨਕੋਦਰੋਂ ਕਪੂਰਥਲੇ ਦੇ ਰਾਹ ਵਿਚ, ਮੱਲ੍ਹੀਆਂ ਲਾਗੇ,  ਪਿੰਡ ਤਲਵੰਡੀ ਸਲੇਮ ਦਾ ਮੁੰਡਾ ਹੈ। ਜਲੰਧਰ ਜ਼ਿਲ੍ਹੇ ਦੀ ਨਕੋਦਰ ਤਹਿਸੀਲ ਦਾ ਨਿੱਕਾ  ਜਿਹਾ ਪਿੰਡ। ਪਰ ਭੱਲ ਇਹਦੀ ਪੂਰੇ ਪੰਜਾਬ ਵਿਚ ਬਣੀ ਹੋਈ ਸੀ। ਝੰਡੇ ਪੂਰੇ ਬੁਲੰਦੀ ਵਿਚ  ਸਨ। ਉਦੋਂ ਸੱਭ ਪਾਸੇ ਪਾਸ...